ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਪਣੇ ਪੁੱਤਰ ਲਈ ਪਤੰਗ ਖਰੀਦਣ ਗਏ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹੇ ਦੇ ਪਿੰਡ ਬੱਲੂਆਣਾ ਦਾ ਹੈ, ਜਿੱਥੇ ਪਿੰਡ ਵਾਸੀ ਸੁਖਰਾਜ ਸਿੰਘ ਆਪਣੇ ਲੜਕੇ ਲਈ ਦੁਕਾਨ ਤੋਂ ਪਤੰਗ ਖਰੀਦਣ ਗਿਆ ਸੀ ਤਾਂ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ।
ਇਸ ਤੋਂ ਬਾਅਦ ਸੁਖਰਾਜ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮੌਕੇ ’ਤੇ ਪੁੱਜੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।